ਭਾਸ਼ਣ ਦੌਰਾਨ ਕਿਸਾਨ ਆਗੂ ਦਾਤਾਰ ਸਿੰਘ ਨੇ ਅਲਵਿਦਾ ਆਖ ਤਿਆਗੇ ਸਵਾਸ

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਦਾਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਇਕ ਸੈਮੀਨਾਰ ਵਿਚ ਭਾਗ ਲੈ ਰਹੇ ਸਨ ਤੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾਈ ਆਗੂ ਦਾਤਾਰ ਸਿੰਘ ਦੇ ਇਸ ਦੁਨੀਆ ਤੋਂ ਚਲੇ ਜਾਣ ਨਾਲ ਜਥੇਬੰਦੀ ਨੂੰ ਵੱਡਾ ਘਾਟਾ ਪਿਆ ਹੈ।

ਦਾਤਾਰ ਸਿੰਘ ਅੱਜ ਅੰਮਿ੍ਰਤਸਰ ਵਿਖੇ ਵਿਰਸਾ ਵਿਹਾਰ ’ਚ ਕਰਵਾਏ ਜਾ ਰਹੇ ਕਿਸਾਨੀ ਸੰਘਰਸ਼ ਅਤੇ ਪੰਜਾਬ ਕਿੱਧਰ ਨੂੰ ਜਾ ਰਹੇ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਦੌਰਾਨ ਬੋਲਦਿਆਂ ਅਚਾਨਕ ਹੇਠਾਂ ਡਿੱਗ ਪਏ, ਇਸ ਦੌਰਾਨ ਉਥੇ ਮੌਜੂਦ ਪ੍ਰਬੰਧਕਾਂ ਵੱਲੋਂ ਤੁਰੰਤ ਉਨ੍ਹਾਂ ਨੂੰ ਅੰਮਿ੍ਰਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਪਾਈ ਜਾ ਰਹੀ ਹੈ।